ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਿਤਾ ਮਿੱਤਰਾ ਵੱਲੋਂ ਜਲੰਧਰ ਵਿਖੇ ਵੋਟਿੰਗ ਮਸ਼ੀਨਾਂ ਦੇ ਵੇਅਰਹਾਊਸ ਦਾ ਤਿਮਾਹੀ ਨਿਰੀਖਣ
ਜ਼ਿਲ੍ਹੇ ’ਚ ਚੱਲ ਰਹੀ ਐਸ.ਆਈ.ਆਰ. ਪ੍ਰਕਿਰਿਆ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਪੋਲਿੰਗ ਬੂਥਾਂ ਦੀ ਰੈਸ਼ਨੇਲਾਈਜ਼ੇਸ਼ਨ ਸਮੇਂ ਸਿਰ ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯਕੀਨੀ ਬਣਾਉਣ ਦੀ ਹਦਾਇਤ
( KOROTANY ) ਜਲੰਧਰ, 30 ਜੂਨ : ਮੁੱਖ ਚੋਣ ਅਧਿਕਾਰੀ, ਪੰਜਾਬ ਅਨਿੰਦਿਤਾ ਮਿੱਤਰਾ ਵੱਲੋਂ ਅੱਜ ਜਲੰਧਰ ਵਿਖੇ ਈ.ਵੀ.ਐਮ./ਵੀ.ਵੀ.ਪੈਟ ਮਸ਼ੀਨਾਂ ਦੇ ਵੇਅਰਹਾਊਸ ਦਾ ਤਿਮਾਹੀ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਅਤੇ ਜੁਆਇੰਟ ਸੀ.ਈ.ਓ. ਨਵਨੀਤ ਕੌਰ ਬੱਲ ਵੀ ਮੌਜੂਦ ਸਨ।

ਮੁੱਖ ਚੋਣ ਅਧਿਕਾਰੀ ਨੇ ਚੋਣ ਅਧਿਕਾਰੀਆਂ ਅਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਪੱਧਰੀ ਵੇਅਰਹਾਊਸ ਵਿੱਚ ਅੰਦਰ ਜਾ ਕੇ ਈ.ਵੀ.ਐਮ/ਵੀ.ਵੀ.ਪੈਟ ਦੀ ਸੁਰੱਖਿਆ, ਰੱਖ-ਰਖਾਅ ਅਤੇ ਸਟੋਰੇਜ ਦੀਆਂ ਸਥਿਤੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸਟੋਰ ਕੀਤੀਆਂ ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਲਈ ਲਗਾਏ ਸੀ.ਸੀ.ਟੀ.ਵੀ. ਕੈਮਰਿਆਂ, ਅੱਗ ਬੁਝਾਊ ਯੰਤਰਾਂ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਵੀ ਜਾਂਚ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ, ਏ.ਡੀ.ਸੀ.ਪੀ. ਸੁਖਵਿੰਦਰ ਸਿੰਘ, ਚੋਣ ਤਹਿਸੀਲਦਾਰ ਸੁਖਦੇਵ ਸਿੰਘ ਅਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ।
ਉਪਰੰਤ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਨੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਅਤੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹੇ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.)-2026 ਦਾ ਜਾਇਜ਼ਾ ਲਿਆ।

ਉਨ੍ਹਾਂ ਐਸ.ਆਈ.ਆਰ. ਪ੍ਰਕਿਰਿਆ ਤਹਿਤ ਪੋਲਿੰਗ ਬੂਥਾਂ ਦੀ ਰੈਸ਼ਨੇਲਾਈਜ਼ੇਸ਼ਨ, ਜੋ ਕਿ 24 ਜੁਲਾਈ 2026 ਤੱਕ ਮੁਕੰਮਲ ਕੀਤੀ ਜਾਣੀ ਹੈ, ਨੂੰ ਸਮੇਂ ਸਿਰ ਅਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ।
ਸ਼੍ਰੀਮਤੀ ਮਿੱਤਰਾ ਨੇ ਐਸ.ਆਈ.ਆਰ. ਤਹਿਤ ਬੂਥ ਲੈਵਲ ਅਫ਼ਸਰਾਂ ਵੱਲੋਂ ਘਰ-ਘਰ ਸਰਵੇਖਣ ਦੀ ਪ੍ਰਕਿਰਿਆ ਦਾ ਵੀ ਜਾਇਜ਼ਾ ਲਿਆ, ਜੋ ਕਿ 24 ਜੁਲਾਈ 2026 ਤੱਕ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵੋਟਰਾਂ ਦੇ ਇਨੂਮੀਰੇਸ਼ਨ ਪ੍ਰਾਪਤ ਹੋ ਜਾਣਗੇ, ਉਨ੍ਹਾਂ ਦੇ ਨਾਮ 3 ਅਗਸਤ 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਡ੍ਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਹੋਣਗੇ। ਡ੍ਰਾਫਟ ਵੋਟਰ ਸੂਚੀ ’ਤੇ ਦਾਅਵੇ ਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਨੋਟਿਸ ਪੜਾਅ/ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਹੋਵੇਗੀ।
ਦਰੁੱਸਤ ਤੇ ਅਪਡੇਟਿਡ ਵੋਟਰ ਸੂਚੀਆਂ ਯਕੀਨੀ ਬਣਾਉਣ ਲਈ ਉਨ੍ਹਾਂ ਐਸ.ਆਈ.ਆਰ. ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਸ ਪ੍ਰਕਿਰਿਆ ਦਾ ਉਦੇਸ਼ ਯੋਗ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਐਂਟਰੀਆਂ ਨੂੰ ਹਟਾਉਣਾ ਹੈ।

More Related Stories
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।
ਜਲੰਧਰ ਵਿੱਚ 2 ਚੋਰੀ ਹੋਈਆਂ ਐਕਟਿਵਾ ਬਰਾਮਦ; ਪੁਲਿਸ ਨੇ ਪਹਿਲਾਂ ਹੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ