Global Awareness News

Awareness is Power: Know the World

ਨਸ਼ਿਆਂ ਖਿਲਾਫ਼ ਜਾਗਰੂਕਤਾ ਸੈਮੀਨਾਰ, ਨਸ਼ੇ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ : ਰਿਸ਼ਭ ਭੋਲਾ

ਨਸ਼ਿਆਂ ਖਿਲਾਫ਼ ਜਾਗਰੂਕਤਾ ਸੈਮੀਨਾਰ, ਨਸ਼ੇ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ : ਰਿਸ਼ਭ ਭੋਲਾ

ਨੌਜਵਾਨਾਂ ਨੂੰ ਨਸ਼ਿਆਂ ਦੇ ਜੜ੍ਹੋਂ ਖਾਤਮੇ ਲਈ ਅੱਗੇ ਆਉਣ ਦਾ ਦਿੱਤਾ ਸੱਦਾ

( ਮਦਨ ਸਿੰਘ ਕੋਰੋਟਾਣੇ ਮੁੱਖ ਸੰਪਾਦਕ) ਜਲੰਧਰ, 8 ਅਪ੍ਰੈਲ 2025 : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੁੰਘਾਰਾ ਦਿੰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਲਾਡੋਵਾਲੀ ਰੋਡ ਦੇ ਐਨ.ਐਸ.ਐਸ. ਵਿਭਾਗ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਵਿਸ਼ੇ ’ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ।

ਸੈਮੀਨਾਰ ਦੌਰਾਨ ਰਿਸ਼ਭ ਭੋਲਾ ਆਈ.ਪੀ.ਐਸ. ਨੇ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਸੁਚੇਤ ਕਰਦਿਆਂ ਇਸ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਨਸ਼ਿਆਂ ਖਿਲਾਫ਼ ਵਿੱਢੀ ਲੜਾਈ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦਾ ਨੌਜਵਾਨ ਵਰਗ ਕਈ ਵਾਰ ਪ੍ਰੇਸ਼ਾਨੀਆਂ ਤੋਂ ਨਿਜਾਤ ਪਾਉਣ ਲਈ ਨਸ਼ਿਆਂ ਵੱਲ ਆਕਰਸ਼ਿਤ ਹੋ ਜਾਂਦਾ ਹੈ, ਜੋ ਕਿ ਖਤਰਨਾਕ ਰੁਝਾਨ ਹੈ। ਉਨ੍ਹਾਂ ਕਿਹਾ ਕਿ ਨਸ਼ੇ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ। ਇਸ ਪ੍ਰਤੀ ਸਭ ਨੂੰ ਜਾਗਰੂਕ ਕਰਨਾ ਅੱਜ ਦੇ ਸਮੇਂ ਦੀ ਅਹਿਮ ਲੋੜ ਹੈ।

ਸਮਾਜ ਸੇਵੀ ਰਾਜੂ ਸੋਨੀ ਨੇ ਸੰਬੋਧਨ ਕਰਦਿਆਂ ਆਖਿਆ ਕਿ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਹਰੇਕ ਵਿਅਕਤੀ ਨੂੰ ਸਮੇਂ-ਸਮੇਂ ’ਤੇ ਅਜਿਹੇ ਵਿਸ਼ਿਆਂ ਉੱਤੇ ਚਰਚਾ ਕਰਨੀ ਚਾਹੀਦੀ ਹੈ, ਤਾਂ ਜੋ ਲੋਕਾਂ ਨੂੰ ਸਮਾਜਿਕ ਬੁਰਾਈਆਂ ਖਿਲਾਫ਼ ਜਾਗਰੂਕ ਕੀਤਾ ਜਾ ਸਕੇ। ਬਹੁਮੰਤਵੀ ਸਮਾਜ ਸੇਵੀ ਸੰਸਥਾ ਦਿਸ਼ਾਦੀਪ ਦੇ ਸੰਸਥਾਪਕ ਅਤੇ ਚੀਫ਼ ਲਾਇਨ ਐੱਸ ਐਮ ਸਿੰਘ ਨੇ ਕਿਹਾ ਕਿ ਸਮਾਜ ਦੇ ਸਭ ਵਰਗਾਂ ਦੇ ਸਮੂਹਿਕ ਸਹਿਯੋਗ ਅਤੇ ਦ੍ਰਿੜ ਸੰਕਲਪ ਸਦਕਾ ਨਸ਼ਿਆਂ ਵਿਰੁੱਧ ਲੜਾਈ ਹੁਣ ਫੈਸਲਾਕੁੰਨ ਦੌਰ ਵਿੱਚ ਹੈ ਅਤੇ ਨਸ਼ਿਆਂ ਵਿਰੁੱਧ ਸਾਡੀ ਜਿੱਤ ਯਕੀਨੀ ਹੈ।

ਇਸ ਤੋਂ ਪਹਿਲਾਂ ਕਾਲਜ ਦੇ ਓ.ਐਸ.ਡੀ. ਪ੍ਰੋ.ਕਮਲੇਸ਼ ਸਿੰਘ ਦੁੱਗਲ ਨੇ ਬਾਹਰੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਉਪਰੰਤ ਆਪਣੇ ਸੰਬੋਧਨ ਵਿੱਚ ਉਨ੍ਹਾਂ ਆਖਿਆ ਕਿ ਨਸ਼ਿਆਂ ਤੋਂ ਮੁਕਤੀ ਲਈ ਅਜਿਹੇ ਸੈਮੀਨਾਰ ਸਮੇਂ ਦੀ ਲੋੜ ਹਨ । ਉਨ੍ਹਾਂ ਕਿਹਾ ਕਿ ਬੇਸ਼ੱਕ ਸਰਕਾਰੀ ਪੱਧਰ ’ਤੇ ਨਸ਼ਿਆਂ ਦੇ ਖਾਤਮੇ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ ਪਰ ਵਿਅਕਤੀਗਤ ਅਤੇ ਸੰਸਥਾਗਤ ਪੱਧਰ ’ਤੇ ਵੀ ਅਜਿਹੇ ਯਤਨਾਂ ਦੀ ਲੋੜ ਹੈ।

ਇਸ ਮੌਕੇ ਕਾਲਜ ਦੇ ਐਨ ਐਸ ਐਸ ਵਿਭਾਗ ਦੇ ਇੰਚਾਰਜ ਡਾ. ਲਖਵੀਰ ਸਿੰਘ, ਦਿਸ਼ਾ ਦੀਪ ਸੰਸਥਾ ਦੇ ਵਾਈਸ ਚੇਅਰਮੈਨ ਤਰਸੇਮ ਜਲੰਧਰ, ਸਿਵਲ ਹਸਪਤਾਲ ਤੋਂ ਸੀਨੀਅਰ ਮੈਡੀਕਲ ਅਫ਼ਸਰ ਹਰਮਨ ਕਿਰਨਦੀਪ ਕੌਰ , ਕੈਪਟਨ ਜਸਵਿੰਦਰ ਸਿੰਘ , ਪ੍ਰਿੰਸ ਨਿੰਜਾ, ਰਾਜਵੀਰ ਸਿੰਘ, ਸੁਰਿੰਦਰ ਭਾਰਤੀ, ਡਾ ਸੋਨੀਆ ਕੁੰਦਰਾ,ਡਾ. ਮਨਦੀਪ ਕੌਰ ਆਦਿ ਵੀ ਮੌਜੂਦ ਸਨ।