Global Awareness News

Awareness is Power: Know the World

ਨਵੀਆਂ ਵਿਕਸਿਤ ਹੋ ਰਹੀਆਂ ਅਣ-ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਨਵੀਆਂ ਵਿਕਸਿਤ ਹੋ ਰਹੀਆਂ ਅਣ-ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਅੰਮ੍ਰਿਤਸਰ ਵਿਕਾਸ ਅਥਾਰਟੀ, ਪੁੱਡਾ ਨੇ ਕੀਤੀ ਕਾਰਵਾਈ

ਅੰਮ੍ਰਿਤਸਰ ,  ਜੂਨ 2025

ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐਸ. ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਡਿਊਟੀ ਮੈਜਿਸਟ੍ਰੇਟ ਸ਼੍ਰੀ ਜਗਬੀਰ ਸਿੰਘ, ਉੱਪ-ਮੰਡਲ ਇੰਜੀਨੀਅਰ, ਏਡੀਏ, ਅੰਮ੍ਰਿਤਸਰ ਅਤੇ ਥਾਣਾ ਚਾਟੀਵਿੰਡ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਅੰਮ੍ਰਿਤਸਰ-ਤਰਨਤਾਰਨ ਰੋਡ ਉੱਪਰ ਬਣ ਰਹੀ ਅਣ-ਅਧਿਕਾਰਤ ਕਲੋਨੀ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀ ਨੂੰ ਢਾਹ ਦਿੱਤਾ ਗਿਆ। ਰੈਗੂਲੇਟਰੀ ਵਿੰਗ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤਰਨਤਾਰਨ ਰੋਡ ਉੱਪਰ ਪੈਂਦੇ ਪਿੰਡ ਚੱਬਾ ਵਿਖੇ ਬਾਬਾ ਨੌਧ ਸਿੰਘ ਜੀ ਦੀ ਸਮਾਧ ਨੇੜੇ ਵਿਕਸਿਤ ਕੀਤੀ ਜਾ ਰਹੀ ਅਣ-ਅਧਿਕਾਰਤ ਕਲੋਨੀ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਜੋ ਉਕਤ ਅਣ-ਅਧਿਕਾਰਤ ਕਲੋਨੀ ਦੇ ਮਾਲਕਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਸਨ।

ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ। ਵਿਭਾਗ ਵੱਲ਼ੋਂ ਹੁਣ ਤੱਕ ਕੁੱਲ 16 ਅਣ-ਅਧਿਕਾਰਿਤ ਕਲੋਨੀ ਕੱਟਣ ਵਾਲੇ ਕਲੋਨਾਈਜ਼ਰਾਂ ਅਤੇ ਅਣ-ਅਧਿਕਾਰਿਤ ਉਸਾਰੀ ਕਰਨ ਵਾਲੇ ਉਸਾਰੀਕਰਤਾਵਾਂ ਵਿਰੁੱਧ ਐਫ.ਆਈ.ਆਰ ਦਰਜ ਕਰਨ ਲਈ ਪੁਲਿਸ ਵਿਭਾਗ ਨੂੰ ਲਿਖਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਪੁੱਡਾ ਦੇ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ਤੇ ਜ਼ਿਲਾ ਅੰਮ੍ਰਿਤਸਰ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਦਾ ਮੌਕਾ ਚੈਕ ਕਰਦੇ ਹੋਏ ਸਬੰਧਤ ਐਕਟ ਤਹਿਤ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਸਬੰਧਤ ਥਾਣਾ ਅਫਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।

ਜਿਲ੍ਹਾ ਨਗਰ ਯੋਜਨਾਕਾਰ (ਰ), ਅੰਮ੍ਰਿਤਸਰ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨ, ਉਹਨਾਂ ਵਿੱਚ ਪੈਂਦੇ ਪਲਾਟਾਂ ਦੀ ਵਿਕਰੀ ਸਬੰਧੀ ਕਿਸੇ ਵੀ ਇਸ਼ਤਿਹਾਰ ਅਨੁਸਾਰ ਪਲਾਟ ਖਰੀਦਣ ਤੋਂ ਪਹਿਲਾਂ ਉਸ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮੰਜੂਰੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ। ਇਸ ਤੋ ਇਲਾਵਾ ਉਹਨਾਂ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਜ਼ਿਲੇ ਅੰਦਰ ਕਿਸੇ ਵੀ ਜਗ੍ਹਾ ਉੱਪਰ ਕਿਸੇ ਵੀ ਪ੍ਰਕਾਰ ਦੀ ਉਸਾਰੀ ਜਾਂ ਕਲੋਨੀ ਕੱਟਣ ਤੋਂ ਪਹਿਲਾਂ ਪੁੱਡਾ ਵਿਭਾਗ ਪਾਸੋਂ ਲੋੜੀਂਦੀਆਂ ਪ੍ਰਵਾਨਗੀਆਂ ਜ਼ਰੂਰ ਪ੍ਰਾਪਤ ਕੀਤੀਆਂ ਜਾਣ ਅਤੇ ਪ੍ਰਵਾਨਗੀ ਅਨੁਸਾਰ ਹੀ ਉਸਾਰੀ ਅਤੇ ਵਿਕਾਸ ਦੇ ਕੰਮ ਕੀਤੇ ਜਾਣ।