ਪਾਵਰਕੌਮ ਅਧਿਕਾਰੀਆਂ ਨਾਲ ਕੁਲਦੀਪ ਸਿੰਘ ਧਾਲੀਵਾਲ ਦੀ ਉੱਚ ਪੱਧਰੀ ਮੀਟਿੰਗ।
ਅਜਨਾਲਾ ਵਿੱਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਹੋਰ ਜਾਰੀ
( KOROTANY ) ਅੰਮ੍ਰਿਤਸਰ, 07 ਜੂਨ। ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਅਤੇ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਧਾਨ ਸਭਾ ਹਲਕਾ ਅਜਨਾਲਾ ਵਿੱਚ ਬਿਜਲੀ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਿਰੰਤਰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਇਤਿਹਾਸਕ ਨਗਰ ਰਮਦਾਸ ਵਿਖੇ ਪਾਵਰਕੌਮ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ।
ਮੀਟਿੰਗ ਤੋਂ ਬਾਅਦ ਧਾਲੀਵਾਲ ਨੇ ਜਾਣਕਾਰੀ ਦਿੱਤੀ ਕਿ ਅਜਨਾਲਾ ਹਲਕੇ ਵਿੱਚ ਬਿਜਲੀ ਸੁਧਾਰਾਂ ਲਈ ਪਹਿਲਾਂ ਜਾਰੀ ਫੰਡਾਂ ਤੋਂ ਇਲਾਵਾ ਹੁਣ 25 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਇਸ ਰਕਮ ਨਾਲ ਅਜਨਾਲਾ, ਰਮਦਾਸ, ਗੱਗੋਮਾਹਲ, ਚੱਕ ਡੋਗਰਾਂ ਅਤੇ ਝੰਡੇਰ ਖੇਤਰਾਂ ਵਿੱਚ ਗਰਿੱਡਾਂ, ਬਿਜਲੀ ਖੰਭਿਆਂ, ਢਿੱਲੀਆਂ ਤਾਰਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੇ ਕੰਮ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਵੋਲਟੇਜ ਵਿੱਚ ਸੁਧਾਰ ਅਤੇ ਬਿਜਲੀ ਸਪਲਾਈ ਨੂੰ ਹੋਰ ਭਰੋਸੇਯੋਗ ਬਣਾਉਣ ਲਈ ਵਿਸਥਾਰਤ ਕਾਰਜ ਯੋਜਨਾ ਤਿਆਰ ਕੀਤੀ ਗਈ ਹੈ। ਇਸ ਤੋਂ ਇਲਾਵਾ ਰਮਦਾਸ ਸਬ-ਡਵੀਜ਼ਨ ਅਧੀਨ ਆਉਂਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਘੱਟ ਉਚਾਈ ਵਾਲੇ ਬਿਜਲੀ ਖੰਭਿਆਂ ਨੂੰ 11 ਮੀਟਰ ਉੱਚੇ ਕਰਨ ਅਤੇ ਢਿੱਲੀਆਂ ਤਾਰਾਂ ਕਾਰਨ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਣ ਲਈ ਵੀ ਸਮੀਖਿਆ ਕੀਤੀ ਗਈ।
ਧਾਲੀਵਾਲ ਨੇ ਅਧਿਕਾਰੀਆਂ ਨੂੰ ਸਾਉਣੀ ਫਸਲਾਂ ਅਤੇ ਖਾਸ ਕਰਕੇ ਝੋਨੇ ਦੀ ਲਵਾਈ ਦੌਰਾਨ ਖੇਤੀ ਟਿਊਬਵੈਲਾਂ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਨਾਲ ਹੀ ਘਰੇਲੂ ਅਤੇ ਵਪਾਰਕ ਖਪਤਕਾਰਾਂ ਨੂੰ ਵੀ ਲਗਾਤਾਰ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਅਤੇ ਟ੍ਰਾਂਸਫਾਰਮਰ ਖਰਾਬ ਹੋਣ ਦੀ ਸਥਿਤੀ ਵਿੱਚ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ।
ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਨੇ ਬਿਜਲੀ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਹਨ ਅਤੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦੇਣ ਦੇ ਨਾਲ ਬਿਜਲੀ ਢਾਂਚੇ ਦੇ ਵਿਕਾਸ ਲਈ ਵੀ ਵੱਡੇ ਪੱਧਰ ‘ਤੇ ਨਿਵੇਸ਼ ਕੀਤਾ ਹੈ। ਧਾਲੀਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਅਤੇ ਵਿਕਾਸ ਨਾਲ ਸਬੰਧਤ ਯੋਜਨਾਵਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਿਸ ਦਾ ਲਾਭ ਸੂਬੇ ਦੇ ਹਰ ਵਰਗ ਤੱਕ ਪਹੁੰਚ ਰਿਹਾ ਹੈ।

More Related Stories
ਜਲੰਧਰ ਪਹੁੰਚੇ ਡੇਰਾ ਬਿਆਸ ਮੁਖੀ ਮਹਾਰਾਜ ਜਸਦੀਪ ਸਿੰਘ ਗਿੱਲ: ਕ੍ਰਿਸ਼ਨਾ ਤਲਵਾਰ ਦੀ ਅੰਤਿਮ ਸੰਸਕਾਰ ‘ਚ ਹੋਏ ਸ਼ਾਮਲ
ਡਾ. ਸੇਠੀ ਨੇ ਠੇਕੇਦਾਰਾਂ ਨੂੰ ਦਿੱਤੀ ਚਿਤਾਵਨੀ
ਪੰਜਾਬ – ਬਲਾਤਕਾਰ ਦੇ ਦੋਸ਼ਾਂ ਨੂੰ ਲੈ ਕੇ ਐਲਪੀਯੂ ਵਿੱਚ ਹੰਗਾਮਾ: ਵਿਦਿਆਰਥੀਆਂ ਨੇ ਕੈਂਪਸ ਨੂੰ ਅੱਗ ਲਗਾ ਦਿੱਤੀ, ਐਂਟਰੀ ਗੇਟ ਤੋੜਨ ਦੀ ਕੋਸ਼ਿਸ਼ ਕੀਤੀ; ਦਿੱਲੀ-ਅੰਮ੍ਰਿਤਸਰ ਹਾਈਵੇਅ ਜਾਮ ਕਰ ਦਿੱਤਾ ਗਿਆ