Global Awareness News

Awareness is Power: Know the World

ਪ੍ਰਧਾਨ ਮੰਤਰੀ ਮੋਦੀ ਦੇ ਜਲੰਧਰ ਦੌਰੇ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ: ਪ੍ਰਵੀਣ ਕੁਮਾਰ ਸਿਨ੍ਹਾ

ਪ੍ਰਧਾਨ ਮੰਤਰੀ ਮੋਦੀ ਦੇ ਜਲੰਧਰ ਦੌਰੇ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ: ਪ੍ਰਵੀਣ ਕੁਮਾਰ ਸਿਨ੍ਹਾ

17 ਜੁਲਾਈ ਨੂੰ ਦੁਪਹਿਰ 2 ਤੋਂ ਸ਼ਾਮ 5:30 ਵਜੇ ਤੱਕ ਐਨਐਚ-44 ‘ਤੇ ਗੈਰ-ਜ਼ਰੂਰੀ ਸਫ਼ਰ ਤੋਂ ਬਚਣ ਦੀ ਅਪੀਲ।

( KOROTANY ) ਚੰਡੀਗੜ੍ਹ, 15 ਜੁਲਾਈ 2026,
17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਨੂੰ ਲੈ ਕੇ ਪੰਜਾਬ ਪੁਲਿਸ ਨੇ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਲਈ ਵਿਸ਼ੇਸ਼ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਪੰਜਾਬ ਦੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਾਨੂੰਨ ਅਤੇ ਵਿਵਸਥਾ) ਪ੍ਰਵੀਣ ਕੁਮਾਰ ਸਿਨ੍ਹਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 17 ਜੁਲਾਈ ਨੂੰ ਦੁਪਹਿਰ 2 ਵਜੇ ਤੋਂ ਸ਼ਾਮ 5:30 ਵਜੇ ਤੱਕ ਨੈਸ਼ਨਲ ਹਾਈਵੇ-44 (ਐਨਐਚ-44) ‘ਤੇ ਗੈਰ-ਜ਼ਰੂਰੀ ਯਾਤਰਾ ਕਰਨ ਤੋਂ ਪਰਹੇਜ਼ ਕਰਨ।

ਪ੍ਰਵੀਣ ਕੁਮਾਰ ਸਿਨ੍ਹਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਪਹਿਰ ਕਰੀਬ 3:40 ਵਜੇ ਜਲੰਧਰ ਪਹੁੰਚਣਗੇ ਅਤੇ ਲਗਭਗ ਡੇਢ ਘੰਟਾ ਉੱਥੇ ਰਹਿਣਗੇ।

ਇਸ ਦੌਰਾਨ ਉਹ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਮੁੜ ਵਿਕਸਤ ਕੀਤੇ ਗਏ ਪ੍ਰੋਜੈਕਟ ਦਾ ਉਦਘਾਟਨ ਕਰਨਗੇ। ਉਨ੍ਹਾਂ ਕਿਹਾ ਕਿ ਸਮਾਗਮ ਦਾ ਸਥਾਨ ਐਨਐਚ-44 ਦੇ ਨਜ਼ਦੀਕ ਹੋਣ ਕਰਕੇ ਸੁਰੱਖਿਆ ਦੇ ਮੱਦੇਨਜ਼ਰ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਠਾਨਕੋਟ ਨੂੰ ਜੋੜਨ ਵਾਲੇ ਰੂਟ ‘ਤੇ ਅਸਥਾਈ ਟ੍ਰੈਫਿਕ ਡਾਇਵਰਸ਼ਨ ਲਾਗੂ ਕੀਤੇ ਜਾਣਗੇ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀ ਯਾਤਰਾ ਨਿਰਧਾਰਤ ਸਮੇਂ ਤੋਂ ਪਹਿਲਾਂ ਪੂਰੀ ਕਰ ਲੈਣ ਜਾਂ ਜੇ ਸੰਭਵ ਹੋਵੇ ਤਾਂ ਗੈਰ-ਜ਼ਰੂਰੀ ਸਫ਼ਰ ਕਿਸੇ ਹੋਰ ਦਿਨ ਲਈ ਮੁਲਤਵੀ ਕਰ ਦੇਣ। ਸਪੈਸ਼ਲ ਡੀਜੀਪੀ ਨੇ ਸਪੱਸ਼ਟ ਕੀਤਾ ਕਿ ਪੁਲਿਸ ਦਾ ਮਕਸਦ ਲੋਕਾਂ ਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਰੋਕਣਾ ਨਹੀਂ ਹੈ। ਇਸ ਦੌਰਾਨ ਯਾਤਰਾ ਕਰਨ ਵਾਲੇ ਵਾਹਨਾਂ ਨੂੰ ਬਦਲਵੇਂ ਰਸਤਿਆਂ ਰਾਹੀਂ ਲੰਘਾਇਆ ਜਾਵੇਗਾ। ਵੱਖ-ਵੱਖ ਥਾਵਾਂ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਵਾਹਨ ਚਾਲਕਾਂ ਨੂੰ ਰਸਤਾ ਦੱਸਣਗੇ ਤਾਂ ਜੋ ਲੋਕਾਂ ਨੂੰ ਘੱਟ ਤੋਂ ਘੱਟ ਦਿੱਕਤ ਦਾ ਸਾਹਮਣਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੜਕਾਂ ਨੂੰ ਬੰਦ ਰੱਖਣ ਦਾ ਸਮਾਂ ਵੀ ਸੰਭਵ ਤੌਰ ‘ਤੇ ਘੱਟ ਤੋਂ ਘੱਟ ਰੱਖਿਆ ਜਾਵੇਗਾ। ਪ੍ਰਵੀਣ ਕੁਮਾਰ ਸਿਨ੍ਹਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ, ਪਰ ਇਸ ਦੇ ਨਾਲ ਹੀ ਆਮ ਲੋਕਾਂ ਦੀ ਸਹੂਲਤ ਦਾ ਵੀ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਇਸੇ ਲਈ ਬਦਲਵੇਂ ਰਸਤੇ ਤਿਆਰ ਕੀਤੇ ਗਏ ਹਨ ਅਤੇ ਜਲਦੀ ਹੀ ਵਿਸਥਾਰਪੂਰਵਕ ਟ੍ਰੈਫਿਕ ਐਡਵਾਈਜ਼ਰੀ ਵੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸਮਾਗਮ ਰੇਲਵੇ ਸਟੇਸ਼ਨ ‘ਤੇ ਹੋਣ ਕਾਰਨ ਕੁਝ ਸਮੇਂ ਲਈ ਰੇਲ ਸੇਵਾਵਾਂ ਵੀ ਪ੍ਰਭਾਵਿਤ ਹੋ ਸਕਦੀਆਂ ਹਨ। ਹਾਲਾਂਕਿ, ਰੇਲਵੇ ਅਧਿਕਾਰੀ ਯਾਤਰੀਆਂ ਨੂੰ ਘੱਟ ਤੋਂ ਘੱਟ ਅਸੁਵਿਧਾ ਹੋਵੇ, ਇਸ ਲਈ ਲੋੜੀਂਦੇ ਪ੍ਰਬੰਧ ਕਰ ਰਹੇ ਹਨ। ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਯਾਤਰਾ ਤੋਂ ਪਹਿਲਾਂ ਰੇਲਵੇ ਵੱਲੋਂ ਜਾਰੀ ਅਧਿਕਾਰਤ ਜਾਣਕਾਰੀ ਜ਼ਰੂਰ ਦੇਖਣ।