Global Awareness News

Awareness is Power: Know the World

ਸੈਰ ਕਰਦੇ ਨੌਜਵਾਨ ਨੂੰ ਮਾਰੀ ਗੋਲ਼ੀ, ਪੰਜ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਸੈਰ ਕਰਦੇ ਨੌਜਵਾਨ ਨੂੰ ਮਾਰੀ ਗੋਲ਼ੀ, ਪੰਜ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

( KOROTANY ) ਬਟਾਲਾ : ਪਿੰਡ ਮੱਲਿਆਂਵਾਲ ਵਿੱਚ ਐਤਵਾਰ ਦੇਰ ਸ਼ਾਮ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਘਰ ਦੇ ਬਾਹਰ ਸੈਰ ਕਰ ਰਹੇ ਕਰੀਬ 35 ਸਾਲਾ ਨੌਜਵਾਨ ਨੂੰ ਗੋਲੀ਼ ਮਾਰ ਦਿੱਤੀ ਗਈ। ਗੋਲੀ ਸਿਰ ਵਿੱਚ ਲੱਗਣ ਕਾਰਨ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪਰਿਵਾਰਕ ਮੈਂਬਰ ਉਸ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਲੈ ਕੇ ਪਹੁੰਚੇ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ।

ਮ੍ਰਿਤਕ ਦੀ ਪਛਾਣ ਫਲਜੀਤ ਸਿੰਘ ਉਰਫ਼ ਲਾਲੀ, ਪੁੱਤਰ ਸੁਲੱਖਣ ਸਿੰਘ, ਵਾਸੀ ਪਿੰਡ ਮੱਲਿਆਂਵਾਲ, ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਫਲਜੀਤ ਸਿੰਘ ਆਪਣੇ ਘਰ ਦੇ ਬਾਹਰ ਸੈਰ ਕਰ ਰਿਹਾ ਸੀ। ਇਸ ਦੌਰਾਨ ਕੁਝ ਵਿਅਕਤੀ ਪੈਦਲ ਉਸ ਕੋਲ ਆਏ ਅਤੇ ਉਸ ਨਾਲ ਗੱਲਬਾਤ ਕਰਨ ਲੱਗੇ। ਪਰਿਵਾਰ ਮੁਤਾਬਕ ਗੱਲਬਾਤ ਦੌਰਾਨ ਤਕਰਾਰ ਹੋ ਗਈ ਅਤੇ ਇਸ ਤੋਂ ਬਾਅਦ ਉਸ ‘ਤੇ ਗੋਲੀ ਚਲਾ ਦਿੱਤੀ ਗਈ।

ਪਰਿਵਾਰਕ ਮੈਂਬਰਾਂ ਅਨੁਸਾਰ ਗੋਲ਼ੀ ਨੌਜਵਾਨ ਦੇ ਸਿਰ ਵਿੱਚ ਲੱਗੀ, ਜਿਸ ਕਾਰਨ ਉਸ ਦੀ ਹਾਲਤ ਬੇਹੱਦ ਗੰਭੀਰ ਹੋ ਗਈ। ਉਸ ਨੂੰ ਤੁਰੰਤ ਬਟਾਲਾ ਸਿਵਲ ਹਸਪਤਾਲ ਲਿਆਂਦਾ ਗਿਆ, ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ।ਮ੍ਰਿਤਕ ਦੇ ਚਾਚਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਵਿੱਚ ਚੱਲ ਰਹੇ ਸ਼ਰੀਕੇ ਦੇ ਵਿਵਾਦ ਨੂੰ ਲੈ ਕੇ ਪਹਿਲਾਂ ਤੋਂ ਹੀ ਤਣਾਅ ਸੀ। ਉਨ੍ਹਾਂ ਦੱਸਿਆ ਕਿ ਸ਼ਰੀਕੇ ਵਿੱਚ ਪਹਿਲਾਂ ਤੋਂ ਇੱਕ ਕੰਬਾਈਨ ਸੀ, ਜਦਕਿ ਬਾਅਦ ਵਿੱਚ ਫਲਜੀਤ ਸਿੰਘ ਉਰਫ਼ ਲਾਲੀ ਨੇ ਵੀ ਕੰਬਾਈਨ ਖਰੀਦ ਲਈ ਸੀ। ਚਾਚੇ ਮੁਤਾਬਕ ਇਸ ਤੋਂ ਬਾਅਦ ਫਲਜੀਤ ਸਿੰਘ ਦਾ ਕੰਬਾਈਨ ਦਾ ਕੰਮ ਚੱਲ ਪਿਆ, ਜਦਕਿ ਦੂਜੇ ਪੱਖ ਦਾ ਕੰਮ ਪ੍ਰਭਾਵਿਤ ਹੋਇਆ ਅਤੇ ਇਸੇ ਗੱਲ ਨੂੰ ਲੈ ਕੇ ਰੰਜਿਸ਼ ਚੱਲ ਰਹੀ ਸੀ। ਉਹਨਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਿਤਾ ਦੀ ਇੱਕ ਮਹੀਨਾ ਪਹਿਲਾਂ ਹੀ ਮੌਤ ਹੋਈ ਸੀ ਅਤੇ ਹੁਣ ਇਸ ਦੀ ਮੌਤ ਨਾਲ ਪਰਿਵਾਰ ਤੇ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ। ਉਨ੍ਹਾਂ ਦੱਸਿਆ ਕਿ ਫਲਜੀਤ ਸਿੰਘ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸ ਦੇ ਦੋ ਛੋਟੇ ਬੱਚੇ ਵੀ ਹਨ।

ਇਸ ਸਬੰਧੀ ਬਟਾਲਾ ਸਿਵਲ ਹਸਪਤਾਲ ਦੇ ਡਾਕਟਰ ਵਿਪਨਦੀਪ ਸਿੰਘ ਨੇ ਦੱਸਿਆ ਕਿ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਨੋੌਜਵਾਨ ਦੀ ਮੌਤ ਹੋ ਚੁੱਕੀ ਸੀ। ਦੇਹ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਘਟਨਾ ਤੋਂ ਬਾਅਦ ਪਿੰਡ ਮੱਲਿਆਂਵਾਲ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਅਤੇ ਗੋਲੀਕਾਂਡ ਦੇ ਅਸਲ ਕਾਰਨਾਂ ਸਬੰਧੀ ਪੁਲਿਸ ਜਾਂਚ ਤੋਂ ਬਾਅਦ ਹੀ ਸਥਿਤੀ ਸਪਸ਼ਟ ਹੋਵੇਗੀ। ਥਾਣਾ ਘੁੰਮਣ ਕਲਾਂ ਦੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਸਬੰਧੀ ਪੁਲਿਸ ਥਾਣਾ ਘੁੰਮਣ ਕਲਾਂ ਦੇ ਐੱਸਐੱਚਓ ਜਗਦੀਸ਼ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਜਦੋਂ ਘਟਨਾ ਸਥਾਨ ‘ਤੇ ਪਹੁੰਚੀ ਤਾਂ ਮ੍ਰਿਤਕ ਦੇ ਪਰਿਵਾਰਾਂ ਵੱਲੋਂ ਡੈਡ ਬਾਡੀ ਨੂੰ ਹਸਪਤਾਲ ਵਿਖੇ ਲਿਜਾਇਆ ਗਿਆ ਸੀ। ਉਹਨਾਂ ਕਿਹਾ ਕਿ ਅਜੇ ਤੱਕ ਪਰਿਵਾਰਿਕ ਜੀਆਂ ਵੱਲੋਂ ਪੁਲਿਸ ਨੂੰ ਬਿਆਨ ਕਲਮਬੱਧ ਨਹੀਂ ਕਰਵਾਏ ਗਏ ਅਤੇ ਬਿਆਨ ਦਰਜ ਕਰਵਾਉਣ ਉਪਰੰਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਜਾਵੇਗਾ। ਇੱਥੇ ਦੱਸਣ ਯੋਗ ਹੈ ਕਿ ਮ੍ਰਿਤਕ ਨੌਜਵਾਨ ਦਾ ਪਿਤਾ ਸੁਲੱਖਣ ਸਿੰਘ ਕਾਮਰੇਡ ਹਰਕਿਸ਼ਨ ਸਰਜੀਤ ਦਾ ਨਜ਼ਦੀਕੀ ਸਾਥੀ ਰਿਹਾ ਹੈ।