ਵਿਜੀਲੈਂਸ ਬਿਊਰੋ ਵੱਲੋਂ ਬੀ.ਡੀ.ਪੀ.ਓ. ਸ੍ਰੀ ਚਮਕੌਰ ਸਾਹਿਬ ਦਾ ਸੁਪਰਵਾਈਜ਼ਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
ਪੰਚਾਇਤੀ ਰਕਬੇ ਸਬੰਧੀ ਸ਼ਿਕਾਇਤ ਦਾ ਨਿਪਟਾਰਾ ਕਰਨ ਬਦਲੇ ਕੀਤੀ ਸੀ ਰਿਸ਼ਵਤ ਦੀ ਮੰਗ
( KOROTANY ) ਰੂਪਨਗਰ, 20 ਨਵੰਬਰ 2026: ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਅਤੇ ਰਿਸ਼ਵਤਖੋਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਉਦੇਸ਼ ਨਾਲ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਯੂਨਿਟ ਰੂਪਨਗਰ ਦੀ ਟੀਮ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਸ੍ਰੀ ਚਮਕੌਰ ਸਾਹਿਬ ਦੇ ਦਫ਼ਤਰ ਵਿੱਚ ਤਾਇਨਾਤ ਸੁਪਰਵਾਈਜ਼ਰ ਗੁਰਮੁੱਖ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ, ਮੁਲਜ਼ਮ ਗੁਰਮੁੱਖ ਸਿੰਘ ਵੱਲੋਂ ਸ਼ਿਕਾਇਤਕਰਤਾ ਦਮਨਜੀਤ ਸਿੰਘ ਵਾਸੀ ਪਿੰਡ ਕੋਟਲੀ, ਤਹਿਸੀਲ ਸ੍ਰੀ ਚਮਕੌਰ ਸਾਹਿਬ, ਜ਼ਿਲ੍ਹਾ ਰੂਪਨਗਰ ਤੋਂ ਪੰਚਾਇਤੀ ਰਕਬੇ ਨੂੰ ਨਾਜਾਇਜ਼ ਤੌਰ ‘ਤੇ ਵਾਹੁਣ ਸਬੰਧੀ ਦਿੱਤੀ ਗਈ ਸ਼ਿਕਾਇਤ ਦਾ ਨਿਪਟਾਰਾ ਕਰਨ ਦੇ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਸੀ।
ਇਸ ਸਬੰਧੀ ਸ਼ਿਕਾਇਤ ਮਿਲਣ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਰੂਪਨਗਰ ਦੀ ਟੀਮ ਵੱਲੋਂ ਯੋਜਨਾਬੱਧ ਢੰਗ ਨਾਲ ਟਰੈਪ ਲਗਾਇਆ ਗਿਆ ਅਤੇ ਮੁਲਜ਼ਮ ਨੂੰ 10,000 ਰੁਪਏ ਦੀ ਰਿਸ਼ਵਤ ਦੀ ਰਕਮ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਇਸ ਸਬੰਧੀ ਮੁਲਜ਼ਮ ਵਿਰੁੱਧ ਮੁਕੱਦਮਾ ਨੰਬਰ 23 ਮਿਤੀ 19.11.2026, ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 7 ਅਤੇ ਸੋਧ ਐਕਟ 2018 ਤਹਿਤ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਕਾਰਵਾਈ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਸ੍ਰੀ ਸਰਵਣ ਸਿੰਘ ਚੌਹਾਨ, ਆਈ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਰੇਂਜ ਰੂਪਨਗਰ ਸ੍ਰੀ ਸਿਮਰਦੀਪ ਸਿੰਘ ਲੰਗਾ ਦੀਆਂ ਹਦਾਇਤਾਂ ਅਨੁਸਾਰ ਕੀਤੀ ਗਈ। ਕਾਰਵਾਈ ਦੀ ਨਿਗਰਾਨੀ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਰੂਪਨਗਰ ਸ੍ਰੀ ਤੇਜਿੰਦਰਪਾਲ ਸਿੰਘ ਵੱਲੋਂ ਕੀਤੀ ਗਈ ਅਤੇ ਇੰਸਪੈਕਟਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਟੀਮ ਨੇ ਟਰੈਪ ਕਾਰਵਾਈ ਨੂੰ ਅੰਜਾਮ ਦਿੱਤਾ।
ਵਿਜੀਲੈਂਸ ਬਿਊਰੋ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਰਿਸ਼ਵਤਖੋਰੀ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਨ ਸਬੰਧੀ ਸ਼ਿਕਾਇਤ ਮਿਲਣ ‘ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਨੋਟ: ਜਿਸ ਮੁਲਾਜ਼ਮ ਨੇ ਵੀ ਕਿਸੇ ਕੋਲੋ ਕੰਮ ਕਰਨ ਦੇ ਬਦਲੇ ਪੈਸੇ ਦੀ ਮੰਗ ਕੀਤੀ ਉਸ ਇਹ ਹਸ਼ਰ ਹੋਇਆ ਕਰਨਾ ਹੈ ਖ਼ਬਰਦਾਰ

More Related Stories
ਜਲੰਧਰ ‘ਚ ਹਾਈ-ਵੋਲਟੇਜ ਡਰਾਮਾ: ਨਿਊ ਜਵਾਹਰ ਨਗਰ ‘ਚ ਕਰੋੜਾਂ ਦੀ ਕੋਠੀ ਪਿੱਛੇ ਭਿੜੇ NRI ਦੀ ਧੀ ਤੇ ਵਕੀਲ, ਦੋਵਾਂ ਧਿਰਾਂ ਨੇ ਲਗਾਏ ਗੰਭੀਰ ਦੋਸ਼
ਪੰਜਾਬ ਚੋਣਾਂ 2027 ਲਈ ਪੁਲਿਸ ਨੇ ਹੁਣੇ ਤੋਂ ਖਿੱਚੀ ਤਿਆਰੀ, ਗੁਆਂਢੀ ਸੂਬਿਆਂ ਨਾਲ ਬਣੇਗੀ ਸਾਂਝੀ ਰਣਨੀਤੀ
ਪ੍ਰਾਈਵੇਟ ਸੈਕਟਰ ਦੇ ਕਰਮਚਾਰੀਆਂ ਦੀ ਵਧਣ ਵਾਲੀ ਹੈ ਸੈਲਰੀ, ਪੀਐਮ ਮੋਦੀ ਤੋਂ ਬਾਅਦ ਵਿੱਤ ਮੰਤਰਾਲੇ ਨੇ ਦਿੱਤੇ ਸੰਕੇਤ…