Global Awareness News

Awareness is Power: Know the World

ਸੁਚਾਰੂ ਢੰਗ ਨਾਲ ਯਕੀਨੀ ਬਣਾਈ ਜਾਵੇਗੀ ਘਰੇਲੂ ਗੈਸ ਸਿਲੰਡਰਾਂ ਦੀ ਸਪਲਾਈ : ਕੈਬਨਿਟ ਮੰਤਰੀ ਮੋਹਿੰਦਰ ਭਗਤ

ਸੁਚਾਰੂ ਢੰਗ ਨਾਲ ਯਕੀਨੀ ਬਣਾਈ ਜਾਵੇਗੀ ਘਰੇਲੂ ਗੈਸ ਸਿਲੰਡਰਾਂ ਦੀ ਸਪਲਾਈ : ਕੈਬਨਿਟ ਮੰਤਰੀ ਮੋਹਿੰਦਰ ਭਗਤ

ਕੈਬਨਿਟ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਟੀਮਾਂ ਨੂੰ ਗੈਸ ਏਜੰਸੀਆਂ ਦੀ ਲਗਾਤਾਰ ਚੈਕਿੰਗ ਕਰਨ ਦੇ ਦਿੱਤੇ ਨਿਰਦੇਸ਼

ਕਾਲਾਬਾਜ਼ਾਰੀ ਤੇ ਜਮ੍ਹਾਖੋਰੀ ਖਿਲਾਫ਼ ਦਿੱਤੀ ਸਖ਼ਤ ਕਾਰਵਾਈ ਦੀ ਚਿਤਾਵਨੀ

( KOROTANY ) ਜਲੰਧਰ, 19 ਮਾਰਚ 2026 :  ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਜਲੰਧਰ ਵਾਸੀਆਂ ਨੂੰ ਘਰੇਲੂ ਗੈਸ ਸਿਲੰਡਰਾਂ ਦੀ ਸਪਲਾਈ ਦੌਰਾਨ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸੁਚਾਰੂ ਢੰਗ ਨਾਲ ਸਪਲਾਈ ਯਕੀਨੀ ਬਣਾਈ ਜਾਵੇਗੀ।

ਕੈਬਨਿਟ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸ਼ਨ  ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਸਬੰਧੀ ਗੈਸ ਏਜੰਸੀਆਂ ਦੀ ਚੈਕਿੰਗ ਲਗਾਤਾਰ ਜਾਰੀ ਰੱਖੀ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਕ ਮੁਹਿੰਮ ਵਿੱਢ ਕੇ ਸਿਲੰਡਰਾਂ ਦਾ ਭਾਰ ਅਤੇ ਬੁਕਿੰਗ ਪ੍ਰਕਿਰਿਆ ਆਦਿ ਚੈੱਕ ਕੀਤੀ ਜਾਵੇ, ਤਾਂ ਜੋ ਘਰੇਲੂ ਗੈਸ ਸਿਲੰਡਰਾਂ ਦੀ ਸੁਚਾਰੂ, ਪਾਰਦਰਸ਼ੀ ਤੇ ਸਮੇਂ-ਸਿਰ ਸਪਲਾਈ ਹੋ ਸਕੇ।

ਸ਼੍ਰੀ ਭਗਤ ਨੇ ਕਾਲਾਬਾਜ਼ਾਰੀ ਅਤੇ ਗੈਰ-ਕਾਨੂੰਨੀ ਜਮ੍ਹਾਖੋਰੀ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਅਜਿਹਾ ਮਾਮਲਾ ਸਾਹਮਣੇ ਆਉਣ ‘ਤੇ ਕਾਨੂੰਨ ਅਨੁਸਾਰ ਕਾਰਵਾਈ ਜਾਵੇਗੀ।

ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਾਉਣ ਲਈ ਮੁੱਖ ਮੰਤਰੀ ਸ੍ਰ. ਭਗਵੰਤ  ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਉਂਦਿਆਂ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਘਬਰਾਹਟ ਵਿੱਚ ਆ ਕੇ ਗੈਰ-ਜ਼ਰੂਰੀ ਖ਼ਰੀਦਦਾਰੀ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਜਨਤਾ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣ ਲਈ ਵੀ ਕਿਹਾ।

ਸ਼੍ਰੀ ਭਗਤ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਵਟਸਐਪ ਹੈਲਪਲਾਈਨ ਨੰਬਰ 9646222555 ਬਾਰੇ ਦੱਸਦਿਆਂ ਕਿਹਾ ਕਿ ਇਸ ਹੈਲਪਲਾਈਨ ਨੰਬਰ ’ਤੇ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਬਾਰੇ ਵਟਸਐਪ ਮੈਸੇਜ ਰਾਹੀਂ ਸੂਚਨਾ ਭੇਜੀ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੀ ਮਾਨ ਸਰਕਾਰ ਕਿਸੇ ਵੀ ਕੀਮਤ ‘ਤੇ ਅਜਿਹੇ ਦੋਸ਼ੀਆਂ ਨੂੰ ਨਹੀਂ ਬਖਸ਼ੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਤੇ ਵੀ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਬਾਰੇ ਕੋਈ ਜਾਣਕਾਰੀ ਮਿਲਦੀ ਹੈ, ਤਾਂ ਤੁਰੰਤ ਉਕਤ ਹੈਲਪਲਾਈਨ ਨੰਬਰ ਰਾਹੀਂ ਸਾਂਝੀ ਕੀਤੀ ਜਾਵੇ, ਤਾਂ ਜੋ ਤੁਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।